Saturday, 9 October 2021

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਸਰਕਾਰ 2022 ਵਿਚ ਕਾਂਸ਼ੀ ਰਾਮ ਪੇਂਡੂ ਵਿਕਾਸ ਸਕੀਮ ਲਾਗੂ ਕਰੇਗੀ


ਸੁਖਬੀਰ ਸਿੰਘ ਬਾਦਲ ਵੱਲੋਂ 50 ਫੀਸਦੀ ਐਸ.ਸੀ ਆਬਾਦੀ ਵਾਲੇ ਸਾਰੇ ਪਿੰਡਾਂ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ


ਕਿਹਾ ਕਿ ਬਾਬੂ ਕਾਂਸ਼ੀ ਰਾਮ ਦੇ ਨਾਂ ’ਤੇ ਮੈਡੀਕਲ ਕਾਲਜ ਤੇ ਦੋਆਬਾ ਵਿਚ ਡਾ. ਬੀ ਆਰ ਅੰਬੇਡਕਰ ਦੇ ਨਾਂ ’ਤੇ ਯੂਨੀਵਰਸਿਟੀ ਬਣਾਈ ਜਾਵੇਗੀ


ਐਸ.ਸੀ ਤੇ ਬੀ.ਸੀ ਭਾਈਚਾਰੇ ਦੇ ਲੋਕਾਂ ਨੂੰ 5-5 ਲੱਖ ਘਰ ਬਣਾ ਕੇ ਦਿੱਤੇ ਜਾਣਗੇ


ਜਲੰਧਰ, 9 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਤੇ ਬਸਪਾ ਗਠਜੋੜ 2022 ਵਿਚ ਕਾਂਸ਼ੀ ਰਾਮ ਪੇਂਡੂ ਵਿਕਾਸ ਸਕੀਮ ਲਾਗੂ ਕਰੇਗਾ ਜਿਸ ਤਹਿਤ 50 ਫੀਸਦੀ ਐਸ ਸੀ ਆਬਾਦੀ ਵਾਲੇ ਪਿੰਡਾਂ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ, ਜੋ ਬਾਬੂ ਕਾਂਸ਼ੀ ਰਾਮ ਦੀ 15ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਇਹ ਸਕੀਮ ਐਸ.ਸੀ ਆਬਾਦੀ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਵਿਸ਼ੇਸ਼ ਗਰਾਂਟ ਦੀ ਬਦੌਲਤ ਜਲ ਸਪਲਾਈ ਤੇ ਡਰੇਨੇਜ ਪ੍ਰਾਜੈਕਟਾਂ ਵਿਚ ਤੇਜ਼ੀ ਆਵੇਗੀ ਤੇ ਪਿੰਡਾਂ ਵਿਚ ਸਟ੍ਰੀਟ ਲਾਈਟਾਂ ਲੱਗ ਸਕਣਗੀਆਂ ਤੇ ਫੁੱਟਪਾਥ ਵੀ ਬਣ ਸਕਣਗੇ। ਉਹਨਾਂ ਕਿਹਾ ਕਿ ਇਹ ਇਹਨਾ ਪਿੰਡਾਂ ਨੂੰ ਮਾਡਲ ਪਿੰਡਾਂ ਵਿਚ ਤਬਦੀਲ ਕਰਨ ਦੀ ਇਕ ਸ਼ੁਰੂਆਤ ਹੋਵੇਗੀ। 

         ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਜ਼ਿਲ੍ਹਾ ਪੱਧਰ ’ਤੇ ਮੈਡੀਕਲ ਕਾਲਜ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਬਾਬੂ ਕਾਂਸ਼ੀ ਰਾਮ ਦੇ ਨਾਂ ’ਤੇ ਮਲਟੀ ਸਪੈਸ਼ਲਟੀ ਹਸਪਤਾਲ ਬਣਾਇਆ ਜਾਵੇਗਾ ਤੇ ਦੋਆਬਾ ਵਿਚ ਡਾ. ਬੀ ਆਰ ਅੰਬੇਡਕਰ ਦੇ ਨਾਂ ’ਤੇ ਇਕ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਐਸ ਸੀ ਤੇ ਪੱਛੜੀਆਂ ਸ਼ੇ੍ਰਣੀਆਂ ਦੇ ਕਮਜ਼ੋਰ ਵਰਗਾਂ ਲਈ 5-5 ਲੱਖ ਘਰ ਬਣਾ ਕੇ ਦੇਣ ਲਈ ਵੀ ਵਚਨਬੱਧ ਹਾਂ। ਉਹਨਾਂ ਕਿਹਾ ਕਿ ਹਰ ਸਾਲ ਦੋਵਾਂ ਭਾਈਚਾਰਿਆਂ ਦੇ ਮੈਂਬਰਾਂ ਨੁੰ ਇਕ ਇਕ ਲੱਖ ਘਰ ਬਣਾ ਕੇ ਦਿੱਤੇ ਜਾਇਆ ਕਰਨਗੇ। ਉਹਨਾਂ ਕਿਹਾ ਕਿ ਅਸੀਂ ਐਸ ਸੀ ਤੇ ਬੀ ਸੀ ਵਰਗ ਨੂੰ ਦੋ ਵਿਭਾਗਾਂ ਵਿਚ ਵੰਡ ਕੇ ਯਕੀਨੀ ਬਣਾਵਾਂਗੇ ਕਿ ਐਸ ਸੀ ਤੇ ਬੀ ਸੀ ਵਰਗ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ।

                  ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਬਾਬੂ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਹੁਜਨ ਆਗੂ ਨੇ ਦੇਸ਼ ਭਰ ਵਿਚ ਸਮਾਜ ਦੇ ਦਬੇ ਕੁਚਲੇ ਲੋਕਾਂ ਵਿਚ ਜਾਗਰੂਕਤਾ ਲਿਆਂਦੀ। ਉਹਨਾਂ ਕਿਹਾ ਕਿ 1996 ਵਿਚ ਅਕਾਲੀ ਦਲ ਦਾ ਬਸਪਾ ਨਾਲ ਗਠਜੋੜ ਹੋਇਆ ਸੀ ਤੇ ਇਸਨੇ ਪੰਜਾਬ ਵਿਚ 13 ਵਿਚੋਂ 11 ਲੋਕ ਸਭਾ ਸੀਟਾਂ ਜਿੱਤ ਕੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ। ਉਹਨਾਂ ਕਿਹਾ ਕਿ ਹੁਣ ਇਕ ਵਾਰ ਫਿਰ  ਤੋਂ 2022 ਵਿਚ ਇਹ ਇਤਿਹਾਸ ਦੁਹਰਾਉਣ ਦਾ ਸਬੱਬ ਬਣ ਗਿਆ ਹੈ।    

             ਇਸ ਰੈਲੀ ਨੂੰ ਹੋਰਾਂ ਤੋਂ ਇਲਾਵਾ ਰਣਧੀਰ ਸਿੰਘ ਬੈਨੀਵਾਲ, ਜਸਬੀਰ ਸਿੰਘ ਗੜ੍ਹੀ, ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਟੀਨੂੰ, ਬਲਦੇਵ ਖਹਿਰਾ, ਜਗਬੀਰ ਸਿੰਘ ਬਰਾੜ, ਸੋਹਣ ਸਿੰਘ ਠੰਢਲ, ਗੁਰਬਚਨ ਸਿੰਘ ਬੱਬੇਹਾਲੀ ਤੇ ਚੰਦਨ ਗਰੇਵਾਲ ਨੇ ਵੀ ਸੰਬੋਧਨ ਕੀਤਾ। 

No comments:

Post a Comment