ਜਲੰਧਰ ਨੇ ਟੀਕਾਕਰਨ ’ਚ 30 ਲੱਖ ਦਾ ਅੰਕੜਾ ਕੀਤਾ ਪਾਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ


16.75 ਲੱਖ ਯੋਗ ਲਾਭਾਪਾਤਰੀਆਂ ਨੂੰ ਪਹਿਲੀ, 12.88 ਲੱਖ ਨੂੰ ਦੂਜੀ ਖੁਰਾਕ ਤੋਂ ਇਲਾਵਾ 37 ਹਜ਼ਾਰ ਨੂੰ ਅਹਿਤਿਆਤੀ ਖੁਰਾਕ ਲਗਾਈ

ਜਲੰਧਰ ਨੂੰ ਟੀਕਾਕਰਨ ’ਚ ਮੋਹਰੀ ਜ਼ਿਲ੍ਹਾ ਬਣਾਉਣ ਲਈ ਲੋਕਾਂ ਨੂੰ ਇਸ ਮੁਹਿੰਮ ’ਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦਾ ਦਿੱਤਾ ਸੱਦਾ

ਵਿੱਦਿਅਕ ਸੰਸਥਾਵਾਂ ਨੂੰ ਵੀ ਆਪਣੇ 15-18 ਸਾਲ ਉਮਰ ਦੇ ਵਿਦਿਆਰਥੀਆਂ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਲਈ ਕਿਹਾ 

ਜਲੰਧਰ (ਅਮਰਜੀਤ ਸਿੰਘ)- ਕੋਵਿਡ-19 ਮਹਾਂਮਾਰੀ ਵਿਰੁੱਧ ਆਪਣੀ ਲੜਾਈ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਜਲੰਧਰ ਜ਼ਿਲ੍ਹੇ ਨੇ ਯੋਗ ਲਾਭਪਾਤਰੀਆਂ ਨੂੰ 30,01,079 ਖੁਰਾਕਾਂ ਲਗਾ ਕੇ ਟੀਕਾਕਰਨ ਵਿੱਚ 30 ਲੱਖ ਦਾ ਅੰਕੜਾ ਪਾਰ ਕਰ ਲਿਆ ਹੈ।

               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 16,75,552 ਪਹਿਲੀ ਅਤੇ 12,88,186 ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ 37,341 ਲਾਭਪਾਤਰੀਆਂ ਵੱਲੋਂ ਅਹਿਤਿਆਤੀ ਖੁਰਾਕ ਪ੍ਰਾਪਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹੇ ਭਰ ਵਿੱਚ 350 ਦੇ ਕਰੀਬ ਮੋਬਾਇਲ ਕੈਂਪ ਲਗਾਏ ਗਏ ਸਨ, ਜਿਨ੍ਹਾਂ ਵਿੱਚ ਯੋਗ ਲਾਭਪਾਤਰੀਆਂ ਨੂੰ 65,000 ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਭਰ ਵਿੱਚ ਰੋਜ਼ਾਨਾ 250 ਮੋਬਾਇਲ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਟੀਕਾਕਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

               ਘਨਸ਼ਿਆਮ ਥੋਰੀ ਨੇ ਲੋਕਾਂ ਨੂੰ ਇਸ ਟੀਕਾਕਰਨ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਲੋਕਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਕਈ ਉਪਾਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਪਣੀ ਦੂਜੀ ਖੁਰਾਕ ਨਾ ਲੈਣ ਵਾਲੇ ਲੋਕਾਂ 'ਤੇ ਪਾਬੰਦੀਆਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਿਰਫ਼ ਉਨ੍ਹਾਂ ਨੂੰ ਹੀ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵੱਲੋਂ ਦੋਵੇਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ।

              ਉਨ੍ਹਾਂ ਜਲੰਧਰ ਜ਼ਿਲ੍ਹੇ ਦੇ ਲੋਕਾਂ ਦਾ ਇਨ੍ਹਾਂ ਕੈਂਪਾਂ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਇਸ ਕਾਰਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਸਮੁੱਚੇ ਸਿਹਤ ਕਰਮਚਾਰੀਆਂ ਦੀ ਵੀ ਪ੍ਰਸ਼ੰਸਾ ਕੀਤੀ।

            ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਆਪਣੀਆਂ ਸੰਸਥਾਵਾਂ ਦੇ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਦਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੀਕਾਕਰਨ ਯਕੀਨੀ ਬਣਾਉਣ । ਕਾਲਜਾਂ ਨੂੰ ਇੱਕ ਲਿਖਤੀ ਇਕ ਪੱਤਰ ਵਿੱਚ, ਉਨ੍ਹਾਂ ਇਨ੍ਹਾਂ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੀ ਸੰਸਥਾ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਦੇ ਨਾਲ-ਨਾਲ ਯੋਗ ਵਿਦਿਆਰਥੀਆਂ ਦਾ ਟੀਕਾਕਰਨ ਮੁਕੰਮਲ ਕਰਨ ਤੋਂ ਬਾਅਦ ਸਰਟੀਫਿਕੇਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾ ਕਰਵਾਉਣ ਲਈ ਕਿਹਾ ਹੈ।

          ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਟੀਕਾਕਰਨ ਲਈ ਕਾਲਜਾਂ ਦੀ ਸਹਾਇਤਾ ਖਾਤਰ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਹਨ ਅਤੇ ਕਾਲਜਾਂ ਨੂੰ ਆਪੋ-ਆਪਣੀ ਸੰਸਥਾਂ ਵਿੱਚ ਕੈਂਪ ਲਗਾਉਣ ਲਈ ਇਨ੍ਹਾਂ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਆਈਏਐਸ (ਯੂਟੀ) ਓਜਸਵੀ ਅਲੰਕਾਰ (89014-43600), ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਚੋਪੜਾ (94171-64164), ਨੋਡਲ ਅਫ਼ਸਰ ਸਕੂਲ ਵੈਕਸੀਨੇਸ਼ਨ ਸਟੀਫ਼ਨ ਐਸਜੇ ਸੈਕਲਮ (90323-04050), ਕੋਆਰਡੀਨੇਟਰ ਨਵੀਨ ਕੁਮਾਰ (97819-74949), ਰੋਹਨ ਸ਼ਰਮਾ (99882-65076) ਅਤੇ ਰਮਨ (70095-65700) ਸ਼ਾਮਲ ਹਨ।

Post a Comment

0 Comments