ਫਗਵਾੜਾ 17 ਜੂਨ (ਸ਼ਿਵ ਕੋੜਾ)- ਫਗਵਾੜਾ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਅਜ਼ਹਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਵੇਰੇ ਈਦਗਾਹ ’ਤੇ ਜਾ ਕੇ ਨਮਾਜ਼ ਅਦਾ ਕੀਤੀ। ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵੀ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਈਦ ਮਿਲਨ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਦੁਨੀਆ ਭਰ ਦੇ ਵੱਖ-ਵੱਖ ਧਰਮਾਂ ਅਤੇ ਸੰਪਰਦਾਵਾਂ ਦੇ ਲੋਕ ਰਹਿੰਦੇ ਹਨ। ਖੁਸ਼ੀ ਦੀ ਗੱਲ ਹੈ ਕਿ ਸਾਰੇ ਧਰਮਾਂ ਦੇ ਤਿਉਹਾਰਾਂ ਵਿੱਚ ਬਰਾਬਰ ਸ਼ਰਧਾ ਅਤੇ ਉਤਸ਼ਾਹ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਸੰਤਾਂ ਅਤੇ ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਜਿਹਨਾਂ ਨੇ ਸਾਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਦੇਸ਼ ਅਤੇ ਕੌਮ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਦੌਰਾਨ ਮੁਸਲਿਮ ਭਾਈਚਾਰੇ ਦੀ ਤਰਫੋਂ ਜੋਗਿੰਦਰ ਸਿੰਘ ਮਾਨ ਨੂੰ ਸਨਮਾਨਤ ਵੀ ਕੀਤਾ ਗਿਆ।

No comments:
Post a Comment